ਪੰਜਾਬ · ਸ਼੍ਰੀ ਫ਼ਤਹਿਗੜ੍ਹ ਸਾਹਿਬ

66ਵੇਂ ਗਣਤੰਤਰ ਦਿਵਸ ਸਮਾਰੋਹ ਵਿੱਚ ਗਰਗ ਨੇ ਕੌਮੀ ਝੰਡਾ ਲਹਿਰਾਇਆ

PHOTO REPUBLIC DAY 13 PHOTO REPUBLIC DAY 14 PHOTO REPUBLIC DAY 11 PHOTO REPUBLIC DAY 10 PHOTO REPUBLIC DAY 9 PHOTO REPUBLIC DAY 8 PHOTO REPUBLIC DAY-4 PHOTO REPUBLIC DAY-2

ਫ਼ਤਹਿਗੜ੍ਹ ਸਾਹਿਬ, 26 ਜਨਵਰੀ – ਦੇਸ਼ ਨੂੰ ਆਜਾਦ ਕਰਵਾਉਣ ਵਿੱਚ ਸੂਰਬੀਰ ਪੰਜਾਬੀਆਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ। ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸ. ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ ਅਤੇ ਹੋਰ ਆਜ਼ਾਦੀ ਦੇ ਪਰਵਾਨਿਆਂ ਵੱਲੋਂ ਸਮੇਂ-ਸਮੇਂ ‘ਤੇ ਆਰੰਭੇ ਗਏ ਆਜ਼ਾਦੀ ਸੰਘਰਸ਼ਾਂ ਸਦਕਾ ਹੀ 15 ਅਗਸਤ 1947 ਨੂੰ ਸਾਡਾ ਦੇਸ਼ ਆਜ਼ਾਦ ਹੋਇਆ ਅਤੇ ਅਖੀਰ 26 ਜਨਵਰੀ 1950 ਨੂੰ ਭਾਰਤੀ ਸਵਿਧਾਨ ਲਾਗੂ ਹੋ ਜਾਣ ਨਾਲ ਸਾਡਾ ਦੇਸ਼ ਸਹੀ ਅਰਥਾਂ ਵਿੱਚ ਗਣਰਾਜ ਬਣਿਆ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਪੰਜਾਬ ਮੁੱਖ ਸੰਸਦੀ ਸਕੱਤਰ ਸ੍ਰੀ ਪਰਕਾਸ਼ ਚੰਦ ਗਰਗ ਨੇ ਮਾਤਾ ਗੁਜਰੀ ਕਾਲਜ਼ ਫ਼ਤਹਿਗੜ੍ਹ ਸਾਹਿਬ ਵਿਖੇ 66ਵੇਂ ਗਣਤੰਤਰ ਦਿਵਸ ਮੌਕੇ ਆਯੋਜਿਤ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਕੌਮੀ ਝੰਡਾ ਲਹਿਰਾਉਣ ਉਪਰੰਤ ਆਜਾਦੀ ਸੰਗਰਾਮ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਅਤੇ ਪੰਜਾਬ ਦੇ ਲੋਕਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਪਰੇਡ ਦਾ ਨਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਸ੍ਰੀ ਗਰਗ ਨੇ ਆਖਿਆ ਕਿ ਸਾਡੇ ਮਹਾਨ ਆਗੂਆਂ ਵੱਲੋਂ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਜੇ ਵੀ ਬਹੁਤ ਕੁਝ ਕਰਨ ਦੀ ਲੋੜ ਹੈ ਤਾਂ ਜੋ ਦੇਸ਼ ਦੇ ਆਵਾਮ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਸਾਡੇ ਆਪਣੇ ਰਾਜ ਵਿੱਚ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਪਿਛਲੇ ਸਾਲਾਂ ਵਿੱਚ ਰਾਜ ਦੇ ਆਵਾਮ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਲਈ ਸਿਰ ਤੋੜ ਯਤਨ ਕੀਤੇ ਹਨ। ਉਨ੍ਹਾਂ ਆਖਿਆ ਕਿ ਨਸ਼ਿਆਂ ਨੂੰ ਜੜ੍ਹੋ ਖਤਮ ਕਰਨ ਲਈ ਸਾਡੀ ਸਰਕਾਰ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਜਿੱਥੇ ਨਸ਼ਿਆਂ ਖਿਲਾਫ ਜੰਗ ਛੇੜਦਿਆਂ ਲੋਕ ਲਹਿਰ ਖੜ੍ਹੀ ਕੀਤੀ ਗਈ ਹੈ ਉਥੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਪੰਜਾਬ ਪੁਲਿਸ ਇਸ ਗੱਲ ਲਈ ਸ਼ਲਾਘਾ ਦੀ ਪਾਤਰ ਹੈ ਜਿਸ ਨੇ ਕੌਮਾਂਤਰੀ ਤੇ ਕੌਮੀ ਸਰਹੱਦਾਂ ਪਾਰ ਤੋਂ ਹੁੰਦੀ ਨਸ਼ਿਆਂ ਦੀ ਤਸਕਰੀ ਨੂੰ ਰੋਕ ਕੇ ਸਮਗਲਰਾਂ ਨੂੰ ਨੱਥ ਪਾਈ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਕੀ ਸੁਧਾਰਾਂ ਨੂੰ ਅੱਗੇ ਵਧਾਉਂਦਿਆਂ ਪੰਜਾਬ ਸਰਕਾਰ ਵੱਲੋਂ ਈ-ਸਟੈਂਪਿੰਗ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ ਅਤੇ ਜਲਦ ਹੀ ਈਂਰਜਿਸਟ੍ਰੇਸ਼ਨ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ । ਸ੍ਰੀ ਗਰਗ ਨੇ ਆਖਿਆ ਕਿ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸੂਬੇ ਵਿੱਚ 7 ਕੌਮੀ ਮਾਰਗਾਂ ਨੂੰ ਚਾਰ ਤੇ ਛੇ ਮਾਰਗੀ ਬਣਾਇਆ ਜਾ ਰਿਹਾ ਹੈ ਜਿਨ੍ਹਾਂ ਵਿੱਚੋਂ ਬਠਿੰਡਾ-ਚੰਡੀਗੜ੍ਹ ਅਹਿਮ ਮਾਰਗ ਹੈ। ਇਨ੍ਹਾਂ ਮਾਰਗਾਂ ‘ਤੇ ਕੁੱਲ 3342 ਕਰੋੜ ਰੁਪਏ ਖਰਚੇ ਜਾਣਗੇ। ਇਸ ਦਾ ਨੀਂਹ ਪੱਥਰ ਬੀਤੇ ਦਿਨੀਂ ਕੇਂਦਰੀ ਮੰਤਰੀ ਸ੍ਰੀ ਨਿਤੀਨ ਗਡਕਰੀ ਵੱਲੋਂ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਕ ਹੋਰ ਬਹੁਤ ਇਤਿਹਾਸਕ ਫੈਸਲਾ ਕੀਤਾ ਹੈ ਜਿਸ ਤਹਿਤ ਇਸ ਸਾਲ ਦੇ ਜੁਲਾਈ ਮਹੀਨੇ ਤੱਕ ਸੂਬੇ ਵਿੱਚ 2100 ਤੋਂ ਵੱਧ ਸੇਵਾ ਕੇਂਦਰ ਖੋਲ੍ਹੇ ਜਾ ਰਹੇ ਹਨ। ਇਨ੍ਹਾਂ ਵਿੱਚੋਂ 1700 ਤੋਂ ਵੱਧ ਸੇਵਾ ਕੇਂਦਰ ਪਿੰਡਾਂ ਵਿੱਚ ਅਤੇ 400 ਤੋਂ ਵੱਧ ਸੇਵਾ ਕੇਂਦਰ ਸ਼ਹਿਰਾਂ ਵਿੱਚ ਖੋਲ੍ਹੇ ਜਾਣਗੇ । ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਥੇ 30 ਲੱਖ ਪਰਿਵਾਰਾਂ ਨੂੰ ਇੱਕ ਰੁਪਏ ਕਿਲੋ ਆਟਾ ਅਤੇ 20 ਰੁਪਏ ਕਿਲੋ ਦਾਲ ਵੰਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ੲਕੱਲੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੀ ਪਿਛਲੇ ਤਿੰਨ ਸਾਲ ਦੌਰਾਨ 2 ਲੱਖ 65 ਹਜਾਰ 180 ਕੁਇੰਟਲ ਕਣਕ ਵੰਡੀ ਗਈ। ਸ੍ਰੀ ਗਰਗ ਨੇ ਕਿਹਾ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਟਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਕਰੀਬ 10 ਕਰੋੜ ਰੁਪਏ ਦੀ ਲਾਗਤ ਵਾਲੇ 5. 29 ਕਿਲੋਮੀਟਰ ਭੈਰੋਂਪੁਰ ਬਾਈਪਾਸ ਨੂੰ ਚੌੜਾ ਕਰਨ ਦਾ ਪ੍ਰੋਜੈਕਟ ਜੰਗੀ ਪੱਧਰ ‘ਤੇ ਜਾਰੀ ਹੈ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਅਤੇ ਹਰਿਆ-ਭਰਿਆ ਬਣਾਉਣ ਲਈ ਵਿਸ਼ੇਸ ਉਪਰਾਲੇ ਕਰਨ ਦਾ ਪ੍ਰਣ ਲਈਏ। ਉਨ੍ਹਾਂ ਇਸ ਮੌਕੇ ਬੀਤੇ ਦਿਨੀਂ ਭਾਖੜਾ ਨਹਿਰ ਵਿੱਚ ਡਿੱਗੀ ਕਾਰ ਵਿੱਚੋਂ ਦੋ ਵਿਅਕਤੀਆਂ ਨੁੰ ਜਿੰਦਾ ਬਾਹਰ ਕੱਢਣ ਲਈ ਗੋਤਾਖੋਰਾ ਨੂੰ 21 ਹਜਾਰ ਰੁਪਏ ਦਾ ਨਗਦ ਇਨਾਮ ਤੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਸਰਵਪੱਖੀ ਵਿਕਾਸ ਲਈ 2 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਵੀ ਐਲਾਨ ਵੀ ਕੀਤਾ। ਉਨ੍ਹਾਂ ਇਸ ਮੌਕੇ ਜ਼ਿਲ੍ਹੇ ਦੇ ਆਜਾਦੀ ਘੁਲਾਟੀਆਂ, ਵੱਖ-ਵੱਖ ਖੇਤਰਾਂ ਵਿੱਚ ਵਧੀਆ ਕਾਰਗੁਜਾਰੀ ਵਿਖਾਉਣ ਵਾਲੇ ਵਿਅਕਤੀਆਂ ਦਾ ਸਨਮਾਨ ਅਤੇ ਲੋੜਵੰਦਾਂ ਨੂੰ ਟਰਾਈ ਸਾਈਕਲ, ਸਿਲਾਈ ਮਸ਼ੀਨਾਂ ਅਤੇ ਵੀਲ੍ਹ ਚੇਅਰ ਵੀ ਵੰਡੀਆਂ। ਉਨ੍ਹਾਂ 27 ਜਨਵਰੀ ਨੂੰ ਜ਼ਿਲ੍ਹੇ ਦੇ ਸਕੂਲਾਂ ਵਿੱਚ ਛੁੱਟੀ ਕਰਨ ਦਾ ਵੀ ਐਲਾਨ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਵੀ ਟੇਕਿਆ। ਇਸ ਮੌਕੇ ਵਿਧਾਇਕ ਬਸੀ ਪਠਾਣਾ ਜਸਟਿਸ ਨਿਰਮਲ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ. ਜਗਦੀਪ ਸਿੰਘ ਚੀਮਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਰਾਕੇਸ਼ ਗੁਪਤਾ, ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਸ. ਦੀਦਾਰ ਸਿੰਘ ਭੱਟੀ, ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰਨੀ ਦੇ ਮੈਂਬਰ ਸ. ਰਣਜੀਤ ਸਿੰਘ ਲਿਬੜਾ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ. ਅਜੇ ਲਿਬੜਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸ. ਗੁਰਬਿੰਦਰ ਸਿੰਘ ਭੱਟੀ, ਸੀਨੀਅਰ ਅਕਾਲੀ ਆਗੂ ਸ. ਦਵਿੰਦਰ ਸਿੰਘ ਭੱਪੂ, ਸਾਬਕਾ ਮੰਤਰੀ ਸ. ਦਲੀਪ ਸਿੰਘ ਪਾਂਧੀ, ਐਸ.ਜੀ.ਪੀ.ਸੀ. ਮੈਂਬਰ ਰਵਿੰਦਰ ਸਿੰਘ ਖਾਲਸਾ, ਕਾਮਰੇਡ ਅਮਰ ਨਾਥ, ਮੈਨੇਜਰ ਅਮਰਜੀਤ ਸਿੰਘ, ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ, ਜ਼ਿਲ੍ਹਾ ਤੇ ਸ਼ੈਸਨ ਜੱਜ ਸ੍ਰੀ ਸੰਜੀਵ ਬੇਰੀ, ਜ਼ਿਲ੍ਹਾ ਪੁਲਿਸ ਮੁਖੀ ਸ. ਗੁਰਮੀਤ ਸਿੰਘ ਰੰਧਾਵਾ, ਵਧੀਕ ਜ਼ਿਲ੍ਹਾ ਤੇ ਸ਼ੈਸਨ ਜੱਜ ਸ. ਅਜੈਬ ਸਿੰਘ, ਸੀ.ਜੇ.ਐਮ. ਸ੍ਰੀ ਗੁਰਪ੍ਰਤਾਪ ਸਿੰਘ ਤੋਂ ਇਲਾਵਾ ਹੋਰ ਜੱਜ ਸਾਹਿਬਾਨ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਸ਼ਰੂਤੀ ਸਰਮਾ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ੍ਰੀਮਤੀ ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਜਨਰਲ) ਡਾ. ਰਵਜੋਤ ਗਰੇਵਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨੂੰ ਲੱਡੂ ਵੀ ਵੰਡੇ ਗਏ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਕ੍ਰਿਸ਼ਨਾ ਗਰਗ ਵੀ ਸ਼ਾਮਲ ਹੋਏ।

ਪੰਜਾਬ · ਸ਼੍ਰੀ ਫ਼ਤਹਿਗੜ੍ਹ ਸਾਹਿਬ

ਡਿਪਟੀ ਕਮਿਸ਼ਨਰ ਵੱਲੋਂ ਖਾਦ ਦੇ ਡੀਲਰਾਂ ਦੀ ਅਚਾਨਕ ਚੈਕਿੰਗ

3

ਫ਼ਤਹਿਗੜ੍ਹ ਸਾਹਿਬ, 25 ਜਨਵਰੀ – ਪੰਜਾਬ ਸਰਕਾਰ ਦੇ ਨਿਰਦੇਸ਼ ਅਨੁਸਾਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਯੂਰੀਆ ਖਾਦ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਵਾਸਤੇ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਨੇ ਅੱਜ ਮੈ/ਸ ਪਰਕਾਸ਼ ਚੰਦ ਐਂਡ ਸੰਨਜ ਸਰਹਿੰਦ, ਮਨੋਹਰ ਲਾਲ ਅਗਰਵਾਲ ਐਂਡ ਸੰਨਜ਼ ਸਰਹਿੰਦ ਅਤੇ ਇੰਡੀਅਨ ਐਗਰੋ ਸਰਵਿਸ ਸੈਂਟਰ ਬਸੀ ਪਠਾਣਾਂ ਵਿਖੇ ਅਚਾਨਕ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ੍ਰੀਮਤੀ ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਜਨਰਲ) ਡਾ. ਰਵਜੋਤ ਗਰੇਵਾਲ ਤੇ ਮੁੱਖ ਖੇਤੀਬਾੜੀ ਅਫਸਰ ਡਾ: ਇੰਦਰਪਾਲ ਸਿੰਘ ਸੰਧੂ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਇਸ ਚੈਕਿੰਗ ਦੌਰਾਨ ਕਿਸੇ ਵੀ ਖਾਦ ਦੇ ਡੀਲਰ ਵੱਲੋਂ ਯੂਰੀਆ ਖਾਦ ਦੀ ਜਮ੍ਹਾਂਖੋਰੀ ਜਾਂ ਬਲੈਕ ਕਰਨ ਜਾਂ ਯੂਰੀਆ ਖਾਦ ਨਾਲ ਜਬਰਦਸਤੀ ਨਦੀਨ ਨਾਸ਼ਕ ਜਾਂ ਕੀਟ ਨਾਸ਼ਕ ਦਵਾਈਆਂ ਵੇਚਣ ਸਬੰਧੀ ਮਾਮਲਾ ਸਾਹਮਣੇ ਨਹੀਂ ਆਇਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼, ਸਹਿਕਾਰਤਾ ਵਿਭਾਗ ਦੇ ਅਧਿਕਾਰੀ ਅਤੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲਗਾਤਾਰ ਖਾਦ ਦੇ ਡੀਲਰਾਂ ਦੇ ਸਟੋਰਾਂ ਦੀ ਨਿਗਰਾਨੀ ਯਕੀਨੀ ਬਣਾਉਣ ਤਾਂ ਜੋ ਸਾਰੇ ਕਿਸਾਨਾਂ ਨੂੰ ਇੱਕਸਾਰਤਾ ਨਾਲ ਯੂਰੀਆ ਖਾਦ ਦੀ ਸਪਲਾਈ ਜਾਰੀ ਰਹੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਸੰਘਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁਲ 36,380 ਮੀਟਰਕ ਟਨ ਯੂਰੀਆ ਖਾਦ ਦੀ ਮੰਗ ਸੀ ਜਿਸ ਵਿੱਚੋਂ 31,509 ਮੀਟਰਕ ਟਨ ਖਾਦ ਦੀ ਸਪਲਾਈ ਕੀਤੀ ਜਾ ਚੁੱਕੀ ਹੈ ਜੋ ਕਿ 86 ਫੀਸਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ ਆਉਂਦੇ ਦਿਨਾਂ ਵਿੱਚ ਹੋਰ ਯੂਰੀਏ ਦੀ ਸਪਲਾਈ ਪਹੁੰਚਣ ਦੀ ਸੰਭਾਵਨਾਂ ਹੈ। ਉਨ੍ਹਾਂ ਦੱਸਿਆ ਕਿ ਸਹਿਕਾਰੀ ਖੇਤਰ ਵਿੱਚ ਯੂਰੀਆ ਦੀ 22380 ਮੀਟਰਕ ਟਨ ਮੰਗ ਸੀ ਜਿਸ ਵਿੱਚੋਂ ਹੁਣ ਤੱਕ 20954 ਮੀਟਰਕ ਟਨ ਯੂਰੀਆ ਦੀ ਸਪਲਾਈ ਹੋ ਚੁੱਕੀ ਹੈ ਜੋ ਕਿ ਕੁੱਲ 94 ਫੀਸਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਖੇਤਰ ਵਿੱਚ ਯੂਰੀਆ ਦੀ 14 ਹਜਾਰ ਮੀਟਰਕ ਟਨ ਦੀ ਮੰਗ ਸੀ ਜਿਸ ਵਿੱਚੋਂ 10555 ਮੀਟਰਕ ਟਨ ਯੂਰੀਏ ਦੀ ਸਪਲਾਈ ਹੋ ਚੁੱਕੀ ਹੈ। ਸ. ਸੰਘਾ ਨੇ ਦੱਸਿਆ ਕਿ ਸਹਿਕਾਰੀ ਖੇਤਰ ਵਿੱਚ ਪਿਛਲੇ ਸਾਲ ਇਸ ਸਮੇਂ ਤੱਕ 20097 ਮੀਟਰਕ ਟਨ ਖਾਦ ਦੀ ਸਪਲਾਈ ਹੋਈ ਸੀ ਜਦੋਂ ਕਿ ਇਸ ਵਾਰ 20954 ਮੀਟਰਕ ਟਨ ਯੂਰੀਏ ਦੀ ਸਪਲਾਈ ਹੋ ਚੁੱਕੀ ਹੈ। ਜੋ ਕਿ ਪਿਛਲੇ ਸਾਲ ਨਾਲੋਂ ਵੱਧ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿੱਚ ਵਾਹੀਯੋਗ ਰਕਬਾ 2.40 ਲੱਖ ਏਕੜ ਬਣਦਾ ਹੈ ਜਿਸ ਦੇ ਹਿਸਾਬ ਨਾਲ ਪ੍ਰਤੀ ਏਕੜ 1 ਕੁਇੰਟਲ 31 ਕਿਲੋ ਬਣਦੀ ਹੈ ਜੋ ਕਿ ਖੇਤੀ ਮਾਹਰਾਂ ਦੀ ਸਿਫਾਰਸ਼ ਅਨੁਸਾਰ ਪੂਰੀ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਜਿਆਦਾਤਰ ਧੁੰਦ ਦਾ ਮੌਸਮ ਰਹਿਣ ਕਰਕੇ ਅਤੇ ਧੁੱਪ ਘੱਟ ਨਿਕਲਣ ਕਰਕੇ ਕਿਤੇ-ਕਿਤੇ ਕਣਕ ਪੀਲ੍ਹੀ ਪੈਣ ਕਾਰਨ ਕਿਸਾਨ ਯੂਰੀਏ ਦੀ ਵੱਧ ਵਰਤੋਂ ਕਰ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਯੂਰੀਆ ਖਾਦ ਦੀ ਸਪਲਾਈ ਨੂੰ ਯਕੀਨੀ ਬਣਾਉਣ ਵਾਸਤੇ ਸਮੇਂ-ਸਮੇਂ ‘ਤੇ ਲੋੜੀਂਦੇ ਕਦਮ ਚੁੱਕੇ ਜਾਣਗੇ। ਸ. ਸੰਘਾ ਨੇ ਕਿਹਾ ਕਿ ਜੇਕਰ ਕੋਈ ਅਜਿਹੀ ਸ਼ਿਕਾਇਤ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਵਿਅਕਤੀ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਯੂਰੀਆ ਖਾਦ ਦੀ ਸਪਲਾਈ ਨੂੰ ਯਕੀਨੀ ਬਣਾਉਣ ਵਾਸਤੇ ਯੂਰੀਆ ਖਾਦ ਮੁਹੱਈਆ ਕਰਵਾਉਣ ਵਾਲੀਆਂ ਮਾਰਕਫੈਡ, ਇਫਕੋ ਅਤੇ ਹੋਰ ਏਜੰਸੀਆਂ ਨਾਲ ਲਗਾਤਾਰ ਤਾਲਮੇਲ ਰੱਖਿਆ ਜਾ ਰਿਹਾ ਹੈ। ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਇੰਦਰਪਾਲ ਸਿੰਘ ਸੰਧੂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਯੂਰੀਆ ਖਾਦ ਦੀ ਵਰਤੋਂ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਰਾਂ ਦੀ ਸਿਫਾਰਸ਼ ਅਨੁਸਾਰ ਹੀ ਕਰਨ ਕਿਉਂਕਿ ਲੋੜ ਤੋਂ ਵੱਧ ਯੂਰੀਆ ਖਾਦ ਦੀ ਵਰਤੋਂ ਕਰਨ ਨਾਲ ਵੀ ਫਸਲਾਂ ਦਾ ਨੁਕਸਾਨ ਹੁੰਦਾ ਹੈ।

ਪੰਜਾਬ · ਸ਼੍ਰੀ ਫ਼ਤਹਿਗੜ੍ਹ ਸਾਹਿਬ

ਜ਼ਿਲ੍ਹੇ ਦੇ ਸਾਰੇ 4 ਲੱਖ 20 ਹਜਾਰ 632 ਵੋਟਰਾਂ ਨੇ ਫੋਟੋ ਸ਼ਨਾਖਤੀ ਕਾਰਡ ਬਣਵਾਏ – ਸੰਘਾ

Photo National Voter Day-1

ਫ਼ਤਹਿਗੜ੍ਹ ਸਾਹਿਬ, 25 ਜਨਵਰੀ – ਲੋਕਤੰਤਰ ਦੀ ਮਜਬੂਤੀ ਲਈ ਹਰੇਕ ਨਾਗਰਿਕ ਦਾ ਜਾਗਰੂਕ ਹੋਣਾ ਜਰੂਰੀ ਹੈ ਕਿਉਂਕਿ ਵੋਟ ਦਾ ਅਧਿਕਾਰ ਦੇਸ਼ ਦੇ 18 ਸਾਲ ਪੂਰੇ ਕਰ ਚੁੱਕੇ ਹਰੇਕ ਨਾਗਰਿਕ ਕੋਲ ਅਜਿਹਾ ਹਥਿਆਰ ਹੈ ਜਿਸ ਦੀ ਵਰਤੋਂ ਕਰਕੇ ਉਹ ਦੇਸ਼ ਦੇ ਸਾਰਥਿਕ ਭਵਿੱਖ ਨੂੰ ਸਿਰਜਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਰਾਸ਼ਟਰੀ ਵੋਟਰ ਦਿਵਸ ਦੇ ਮੌਕੇ ‘ਤੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਦੇ ਆਡੀਟੋਰੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਨੌਜਵਾਨ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਨਾ ਕੇਵਲ ਆਪਣੀ ਵੋਟ ਬਣਾਉਣ ਤੇ ਪਾਉਣ ਸਗੋਂ ਸਮਾਜ ਦੇ ਹਰ ਵਰਗ ਦੇ ਨਾਗਰਿਕ ਨੂੰ ਵੋਟ ਬਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਘਰ-ਘਰ ਇਹ ਸੁਨੇਹਾ ਪਹੁੰਚਾਉਣ। ਉਨ੍ਹਾਂ ਆਖਿਆ ਕਿ ਵੋਟ ਦੇ ਸਹੀ ਇਸਤੇਮਾਲ ਨਾਲ ਹੀ ਸਹੀ ਉਮੀਦਵਾਰਾਂ ਦੀ ਚੋਣ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ 4 ਲੱਖ 20 ਹਜਾਰ 632 ਵੋਟਰਾਂ ਨੇ ਫੋਟੋ ਸ਼ਨਾਖਤੀ ਕਾਰਡ ਬਣਵਾ ਲਏ ਹਨ। ਸ. ਸੰਘਾ ਨੇ ਦੱਸਿਆ ਕਿ ਭਾਰਤ ਦਾ ਕੋਈ ਵੀ ਨਾਗਰਿਕ ਵੋਟਾਂ ਪੈਣ ਦੀ ਮਿਤੀ ਤੋਂ 24 ਘੰਟੇ ਪਹਿਲਾਂ ਵੀ ਜ਼ਿਲ੍ਹੇ ਦੇ ਚੋਣ ਤਹਿਸੀਲਦਾਰ ਨਾਲ ਸੰਪਰਕ ਕਰਕੇ ਆਪਣੀ ਵੋਟ ਬਣਵਾ ਸਕਦਾ ਹੈ। ਉਨ੍ਹਾਂ ਜ਼ਿਲ੍ਹੇ ਦੇ 18 ਸਾਲ ਤੋਂ ਉਪਰ ਦੇ ਵਿਸ਼ੇਸ਼ ਕਰ ਨੌਜਵਾਨ ਅਤੇ ਹੋਰ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਮੁੱਖ ਚੋਣ ਅਫਸਰ ਦੀ ਵੈਬਸਾਈਟ http://www.ceopunjab.nic.in ‘ਤੇ ਜ਼ਿਲ੍ਹੇ ਦੀਆਂ ਵੋਟਰ ਸੂਚੀਆਂ ਨੂੰ ਦੇਖ ਸਕਦੇ ਹਨ। ਉਨ੍ਹਾਂ ਆਖਿਆ ਕਿ ਜੇਕਰ ਕਿਸੇ ਵੋਟਰ ਦਾ ਨਾਮ ਵੋਟਰ ਲਿਸਟ ਵਿੱਚ ਨਾ ਹੋਵੇ ਜਾਂ ਨਾਮ, ਉਮਰ ਅਤੇ ਹੋਰ ਕਿਸੇ ਤਰ੍ਹਾਂ ਦੀ ਗਲਤੀ ਪਾਈ ਜਾਵੇ ਤਾਂ ਉਸ ਨੂੰ ਦਰੁਸਤ ਕਰਵਾਉਣ ਲਈ ਤਹਿਸੀਲਦਾਰ ਚੋਣਾਂ, ਸਬੰਧਤ ਐਸ.ਡੀ.ਐਮ. ਜਾਂ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਵੋਟਰ ਆਨ ਲਾਈਨ ਵੀ ਵੈਬਸਾਈਟ ‘ਤੇ ਫਾਰਮ ਭਰ ਕੇ ਆਪਣੀ ਵੋਟ ਬਣਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹੁਣ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਸਾਰੇ ਵੋਟਰਾਂ ਦੇ ਸਮਾਰਟ ਕਾਰਡ ਬਣਾਏ ਜਾਂਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਭਵਿੱਖ ਵਿੱਚ ਹੋਣ ਵਾਲੀਆਂ ਸਾਰੀਆਂ ਚੋਣਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ । ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਪੂਰੀ ਸੂਝ-ਬੂਝ ਤੇ ਯੋਗ ਉਮੀਦਵਾਰਾਂ ਨੂੰ ਚੁਣਨ ਲਈ ਪੂਰੀ ਜਿੰਮੇਵਾਰੀ ਨਾਲ ਵਰਤੋਂ ਕਰਨ। ਇਸ ਮੌਕੇ ਉਨ੍ਹਾਂ ਵੋਟਰਾਂ ਨੂੰ ”ਭਾਰਤ ਦੇ ਲੋਕਤੰਤਰ ਵਿੱਚ ਨਾਗਰਿਕਾਂ ਦੇ ਵਿਸਵਾਸ਼ ਨੂੰ ਹੋਰ ਮਜਬੂਤ ਕਰਨ ਲਈ ਆਪਣੇ ਦੇਸ਼ ਦੀਆਂ ਲੋਕਤੰਤਰੀ ਪਰੰਪਰਾਵਾਂ ਨੂੰ ਕਾਇਮ ਰੱਖਣ, ਸੁਤੰਤਰ, ਵਾਜ਼ਬ ਅਤੇ ਸ਼ਾਂਤੀਪੂਰਨ ਚੋਣਾਂ ਦੀ ਮਾਣ ਮਰਿਆਦਾ ਅਤੇ ਹਰੇਕ ਚੋਣ ਬਿਨਾਂ ਕਿਸੇ ਡਰ, ਭਾਸ਼ਾ, ਸਮੁਦਾਇ, ਜਾਤ, ਧਰਮ, ਵਰਗ ਜਾਂ ਕਿਸੇ ਦਬਾਓ ਤੋਂ ਵੋਟ ਪਾਉਣ ਦਾ ਪ੍ਰਣ ਦਿਵਾਇਆ।” ਇਸ ਮੌਕੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸ੍ਰੀ ਐਚ.ਐਸ. ਬ੍ਰਹਮਾ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਭੇਜਿਆ ਗਿਆ ਸੰਦੇਸ਼ ਵੀ ਵਿਖਾਇਆ ਗਿਆ। ਇਸ ਸਮਾਗਮ ਵਿੱਚ ਨੌਜਵਾਨ ਵੋਟਰਾਂ ਨੂੰ ਫੋਟੋ ਸ਼ਨਾਖ਼ਤੀ ਕਾਰਡ ਵੀ ਵੰਡੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਤਹਿਸੀਲਦਾਰ ਅਮਲੋਹ ਸ੍ਰੀਮਤੀ ਜਸਪਾਲ ਕੌਰ, ਨੋਡਲ ਅਫਸਰ-ਕਮ-ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਸ੍ਰੀ ਰਾਮ ਭੂਸ਼ਣ, ਬੀ.ਐਲ.ਓ. ਸ੍ਰੀ ਮਦਨ ਲਾਲ ਨੂੰ ਜ਼ਿਲ੍ਹੇ ਵਿੱਚ 18 ਤੇ 19 ਸਾਲ ਦੇ ਨੌਜਵਾਨਾਂ ਦੀਆਂ ਸਭ ਤੋਂ ਵੱਧ ਵੋਟਾਂ ਬਣਾਉਣ ਲਈ ਚੋਣ ਕਮਿਸ਼ਨ ਵੱਲੋਂ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਕੂਲ ਅਤੇ ਕਾਲਜ ਪੱਧਰ ‘ਤੇ ਕਰਵਾਏ ਗਏ ਲੇਖ, ਭਾਸ਼ਣ ਅਤੇ ਡਰਾਇੰਗ ਦੇ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ। ਇਸ ਮੌਕੇ ਭਾਸ਼ਣ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੇ ਵੋਟ ਪਾਉਣ ਦੇ ਅਧਿਕਾਰ ਸਬੰਧੀ ਆਪਣੇ ਵਿਚਾਰ ਵੀ ਸਾਂਝੇ ਕੀਤੇ। ਇਸ ਸਮਾਗਮ ਵਿੱਚ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ੍ਰੀਮਤੀ ਪੂਜਾ ਸਿਆਲ ਗਰੇਵਾਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ. ਗਗਨਦੀਪ ਸਿੰਘ ਵਿਰਕ, ਤਹਿਸੀਲਦਾਰ (ਚੋਣਾਂ) ਸ. ਲਾਭ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ੍ਰੀ ਨਵਤੇਜਇੰਦਰ ਕੁਮਾਰ, ਕਾਲਜ ਦੇ ਪ੍ਰਿੰਸੀਪਲ ਸ. ਗੁਰਚਰਨ ਸਿੰਘ ਲਾਂਬਾ, ਤਹਿਸੀਲਦਾਰ ਹਰੀ ਲਾਲ ਨਫਰੀ, ਜ਼ਿਲ੍ਹਾ ਯੂਥ ਕੁਆਰਡੀਨੇਟਰ ਨਹਿਰੂ ਯੁਵਾ ਕੇਂਦਰ ਸ. ਪਰਮਜੀਤ ਸਿੰਘ, ਕਾਰਜ ਸਾਧਕ ਅਫਸਰ ਨਗਰ ਕੌਂਸਲ ਸਰਹਿੰਦ ਸ੍ਰੀ ਐਸ.ਕੇ. ਗੁਲਾਟੀ ਤੋਂ ਇਲਾਵਾ ਵਿਦਿਆਰਥੀ, ਅਧਿਆਪਕ ਅਤੇ ਨੌਜਵਾਨ ਵੋਟਰ ਵੀ ਸ਼ਾਮਲ ਹੋਏ।